ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਾਨੂੰਨ ’ਤੇ ਵਿਵਾਦ ਤੇਜ਼! ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟ ਜਵਾਬ
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜੇ ਸੋਧੇ ਹੋਏ ਕਾਨੂੰਨ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਮਾਹਿਰ ਕਮੇਟੀ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਾਨੂੰਨ ਨੂੰ ਲਾਗੂ ਕਰਨ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਦੁਹਰਾਈ ਹੈ।
ਕਮੇਟੀ ਨੇ ਸਰਕਾਰ ਤੋਂ 14 ਨਵੰਬਰ ਨੂੰ ਪੁੱਛੇ ਗਏ ਸਵਾਲਾਂ ਦੇ ਸਪੱਸ਼ਟ ਜਵਾਬ ਮੰਗੇ ਹਨ। ਕਮੇਟੀ ਦਾ ਕਹਿਣਾ ਹੈ ਕਿ ਕਾਨੂੰਨ ਦੀਆਂ ਕੁਝ ਧਾਰਾਵਾਂ ਕਾਰਨ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਵੀ ਪੁਲਿਸ ਦਖ਼ਲ ਦੇ ਸਕਦੀ ਹੈ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੈ।
ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਗਲੀ ਗੱਲਬਾਤ ਸਰਕਾਰ ਦੇ ਸਪੱਸ਼ਟੀਕਰਨ ’ਤੇ ਨਿਰਭਰ ਕਰਦੀ ਦਿਖਾਈ ਦੇ ਰਹੀ ਹੈ।



