ਪੰਜਾਬ ਵਿੱਚ ਅੰਬਾਲਾ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਜਾਂਚ ਏਜੰਸੀਆਂ ਅਲਰਟ
ਪਟਿਆਲਾ/ਅੰਬਾਲਾ, 28 ਅਪ੍ਰੈਲ: ਪੰਜਾਬ ਅਤੇ ਹਰਿਆਣਾ ਸਰਹੱਦ ਨੇੜੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਦੇਰ ਰਾਤ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਇਲਾਕੇ ਨੇੜੇ ਵਾਪਰੀ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।
ਸ਼ੁਰੂਆਤੀ ਜਾਣਕਾਰੀ ਮੁਤਾਬਕ, ਰਾਤ ਕਰੀਬ 10 ਵਜੇ ਰੇਲਵੇ ਟਰੈਕ ਕੋਲ ਜ਼ੋਰਦਾਰ ਧਮਾਕਾ ਸੁਣਿਆ ਗਿਆ। ਘਟਨਾ ਤੋਂ ਬਾਅਦ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਰੇਲਵੇ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ। ਜਾਂਚ ਦੌਰਾਨ ਟਰੈਕ ਨੂੰ ਹਲਕਾ ਨੁਕਸਾਨ ਹੋਣ ਦੀ ਗੱਲ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਦੇ ਮੁਤਾਬਕ, ਮੁੱਢਲੀ ਜਾਂਚ ਵਿੱਚ ਇਸ ਨੂੰ ਧਮਾਕਾ ਕਰਨ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ। ਮੌਕੇ ਤੋਂ ਇੱਕ ਵਿਅਕਤੀ ਦੀ ਲਾਸ਼ ਵੀ ਬਰਾਮਦ ਹੋਈ ਹੈ, ਜਿਸ ਬਾਰੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਹ ਇਸ ਘਟਨਾ ਨਾਲ ਜੁੜਿਆ ਹੋ ਸਕਦਾ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।
ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਫੋਰੈਂਸਿਕ ਟੀਮਾਂ ਨੂੰ ਜਾਂਚ ਲਈ ਬੁਲਾਇਆ ਗਿਆ। ਰੇਲਵੇ ਟਰੈਕ ‘ਤੇ ਆਵਾਜਾਈ ਕੁਝ ਸਮੇਂ ਲਈ ਰੋਕ ਦਿੱਤੀ ਗਈ, ਜਦਕਿ ਮੁਰੰਮਤ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।
ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਦੇਸ਼ ਭਰ ਵਿੱਚ ਰੇਲਵੇ ਸੁਰੱਖਿਆ ਨੂੰ ਲੈ ਕੇ ਪਹਿਲਾਂ ਹੀ ਸਖ਼ਤੀ ਵਧਾਈ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਅਧਿਕਾਰਿਕ ਜਾਣਕਾਰੀ ਦੀ ਉਡੀਕ ਕਰਨ ਦੀ ਅਪੀਲ ਕੀਤੀ ਹੈ।






